Chandigarh: ਪੰਜਾਬ ’ਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਅੱਜ ਆਪਣੀਆਂ ਮੰਗਾਂ ਅਤੇ ਹੱਕ ਲਈ ਸੜਕਾਂ ‘ਤੇ ਉਤਰਨ ਲਈ ਮਜਬੂਰ ਹਨ। ਇਹ ‘ਮਹਾ ਹੜਤਾਲ’ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਕਿੰਨਾ ਵੱਡਾ ਅਨਿਆਂ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਉਨ੍ਹਾਂ ਨੂੰ ਅੰਦੋਲਨ ਕਰਨ ਅਤੇ ਆਪਣੇ ਹੱਕ ਲਈ ਅਦਾਲਤਾਂ ਦਾ ਦਰਵਾਜ਼ਾ ਖੜਕਾਉਣ ਲਈ ਮਜਬੂਰ ਕਰ ਰਹੀ ਹੈ।
ਸਰਕਾਰ ਨਾ ਤਾਂ ਮੁਲਾਜ਼ਮ ਦੇ ਬਕਾਇਆ ਡੀ.ਏ. ਏਰੀਅਰ ਜਾਰੀ ਕਰਨ ਲਈ ਤਿਆਰ ਹੈ ਅਤੇ ਨਾ ਹੀ ਓ.ਪੀ.ਐੱਸ. (ਪੁਰਾਣੀ ਪੈਨਸ਼ਨ ਯੋਜਨਾ) ਲਾਗੂ ਕਰਨ ਦੇ ਆਪਣੇ ਵਾਦੇ ਨੂੰ ਪੂਰਾ ਕਰ ਰਹੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਕਾਂਗਰਸ ਅਤੇ ਉਸ ਦੇ ਸਾਰੇ ਆਗੂ ਤੇ ਵਰਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ’ਚ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੇ ਜਾਇਜ਼ ਅਧਿਕਾਰਾਂ ਦੀ ਲੜਾਈ ’ਚ ਪੂਰਾ ਸਮਰਥਨ ਦੇਣਗੇ।









