ਸਾਹਨੇਵਾਲ – ਗੁਲਜ਼ਾਰ ਸਿੰਘ ਦੀ ਮੌਤ ਅਤੇ ਮੋਹਨਜੀਤ ਸਿੰਘ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੀਤੇ ਤਸ਼ੱਦਦ ਦੇ ਵਿਰੋਧ ਵਿੱਚ ਵਾਰਸ ਪੰਜਾਬ ਪਾਰਟੀ ਵੱਲੋਂ ਅੱਜ ਹਲਕਾ ਸਾਹਨੇਵਾਲ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਦੇ ਬਾਹਰ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ, ਹਰਵੀਰ ਸਿੰਘ ਇਆਲੀ, ਜਸਵੰਤ ਸਿੰਘ ਚੀਮਾ, ਜਗਦੀਪ ਸਿੰਘ ਗਿੱਲ ਕਾਲਾ ਘਵੱਦੀ ਅਤੇ ਹਰਦੀਪ ਸਿੰਘ ਝੁੰਗੀਆਂ ਨੇ ਕੀਤੀ।
ਆਗੂਆਂ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਅਤੇ ਮੋਹਨਜੀਤ ਸਿੰਘ ਨਾਲ ਵਾਪਰੀ ਘਟਨਾ ਨੇ ਲੋਕਾਂ ਵਿੱਚ ਰੋਸ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਾਰਵਾਈ ਵਿੱਚ ਜੇ ਕਿਸੇ ਤਰ੍ਹਾਂ ਦੀ ਕਥਿਤ ਜ਼ਿਆਦਤੀ ਹੋਈ ਹੈ ਤਾਂ ਇਸ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਆਗੂਆਂ ਨੇ ਮੰਗ ਕੀਤੀ ਕਿ ਗੁਲਜ਼ਾਰ ਸਿੰਘ ਦੇ ਪਰਿਵਾਰ ਅਤੇ ਮੋਹਨਜੀਤ ਸਿੰਘ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਦੋਵਾਂ ਮਾਮਲਿਆਂ ਵਿੱਚ ਜਲਦ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕੀਤੀ।









