CITY HOME NEWS

HomeIndiaਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਉਂਦਿਆਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ।

ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਪਣੇ ਹੱਥੀਂ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਸੇਵਾ ਸੰਭਾਲ ਦੀਆਂ ਸੇਵਾਵਾਂ ਦਿੱਤੀਆਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਰੋਜ਼ਾਨਾ ਮਰਯਾਦਾ ਕਾਇਮ ਕੀਤੀ, ਜੋ ਨਿਰੰਤਰ ਜਾਰੀ ਹੈ। ਉਨ੍ਹਾਂ ਆਖਿਆ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਰਵਾਇਤਾਂ ਅਨੁਸਾਰ ਇਕੱਤਰ ਹੁੰਦੀਆਂ ਹਨ ਅਤੇ ਆਪਣੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਇਸੇ ਤਹਿਤ ਹੀ ਪ੍ਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਜਾਂਦਾ ਹੈ, ਕਿਉਂਕਿ ਪਹਿਲੇ ਪ੍ਰਕਾਸ਼ ਮੌਕੇ ਗੁਰੂ ਸਾਹਿਬ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿਚ ਪਾਵਨ ਸਰੂਪ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੈ ਕੇ ਗਏ ਸਨ।

ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਨੇ ਗਤਕਾ ਪ੍ਰਦਰਸ਼ਨ ਕੀਤਾ ਅਤੇ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਮੇਤ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਨੇ ਹਾਜ਼ਰੀ ਭਰੀ।

About Author

Posted By City Home News

Leave a Reply

Your email address will not be published. Required fields are marked *