‘ਸਾਂਝਾ ਮੁਲਾਜ਼ਮ ਮੰਚ’ ਦੇ ਸੱਦੇ ‘ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੂਰੇ ਸੂਬੇ ਵਿੱਚ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਕਰਮਚਾਰੀਆਂ ਵੱਲੋਂ ਸਮੂਹਿਕ ਛੁੱਟੀ (Mass Casual Leave) ਲਏ ਜਾਣ ਕਾਰਨ ਸਾਰੇ ਸਰਕਾਰੀ ਵਿਭਾਗਾਂ ਵਿੱਚ ਰੋਜ਼ਾਨਾ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਮੁਲਾਜ਼ਮ ਲੰਬੇ ਸਮੇਂ ਤੋਂ ਬਕਾਇਆ ਮਹਿੰਗਾਈ ਭੱਤੇ (DA) ਦੀਆਂ ਕਿਸ਼ਤਾਂ ਅਤੇ ਹੋਰ ਸਰਕਾਰੀ ਲਾਭ ਜਾਰੀ ਕਰਨ ਦੀ ਮੰਗ ਕਰ ਰਹੇ ਹਨ।
ਇਸ ਹੜਤਾਲ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ, ਤਹਿਸੀਲ ਦਫ਼ਤਰ, ਐਸ.ਡੀ.ਐਮ. ਦਫ਼ਤਰ, ਸੇਵਾ ਕੇਂਦਰ, ਜਲ ਸਪਲਾਈ ਤੇ ਸੈਨੀਟੇਸ਼ਨ, ਸਿੰਚਾਈ ਵਿਭਾਗ, ਨਗਰ ਨਿਗਮ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL), ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB), ਪਨਬੱਸ ਅਤੇ ਪੰਜਾਬ ਰੋਡਵੇਜ਼ ਸਮੇਤ ਸਾਰੇ ਪ੍ਰਮੁੱਖ ਵਿਭਾਗਾਂ ਦਾ ਕਲੈਰੀਕਲ ਸਟਾਫ਼ ਛੁੱਟੀ ’ਤੇ ਰਹੇਗਾ। ਮੁਲਾਜ਼ਮਾਂ ਨੇ ਆਪਣੇ ਪੱਧਰ ’ਤੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਖੱਜਲ-ਖੁਆਰੀ ਤੋਂ ਬਚਣ ਲਈ ਕੱਲ੍ਹ ਸਰਕਾਰੀ ਦਫ਼ਤਰਾਂ ਵਿੱਚ ਨਾ ਆਉਣ, ਕਿਉਂਕਿ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ।









