ਆਲਮਗੀਰ : ਆਲਮਗੀਰ ਲਾਗਲੇ ਪਿੰਡ ਕਿਲ੍ਹਾ ਰਾਏਪੁਰ ਵਿਖੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਵੱਡੀ ਗਿਣਤੀ ਆਗੂਆਂ ਤੇ ਵਰਕਰਾਂ ਨੇ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਤੇ ਵਰਕਰਾਂ ਦਾ ਸਿਰੋਪਾਓ ਪਾ ਕੇ ਸਨਮਾਨ ਵੀ ਕੀਤਾ। ਇਆਲੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਅਕਾਲੀ ਦਲ ਦੀਆਂ ਗਲਤੀਆਂ ਖ਼ਿਲਾਫ਼ ਪਾਰਟੀ ਅੰਦਰੋਂ ਹੀ ਆਵਾਜ਼ ਉਠਾਉਂਦੇ ਰਹੇ ਹਨ, ਪਰ ਉਨ੍ਹਾਂ ਦੀ ਗੱਲ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਹੁਣ ਸਿਧਾਂਤਕ ਪਾਰਟੀ ਦੀ ਥਾਂ ਪਰਿਵਾਰਿਕ ਪਾਰਟੀ ਬਣ ਕੇ ਰਹਿ ਗਿਆ ਹੈ ਅਤੇ ਇਸ ਦਾ ਧਿਆਨ ਸਿਰਫ਼ ਪਰਿਵਾਰਕ ਮੈਂਬਰਾਂ ਦੀਆਂ ਸਿਆਸੀ ਅਹੁਦਿਆਂ ਦੀਆਂ ਲੋੜਾਂ ਤੱਕ ਸੀਮਤ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਪੁਲਿਸ ਵੱਲੋਂ ਪਿਛਲੇ ਦਿਨੀਂ ਸ਼ੇਰੋਂ ਪਿੰਡ ਵਿੱਚ ਕੀਤੀ ਗਈ ਕਾਰਵਾਈ ਵੀ ਲੋਕਾਂ ਤੋਂ ਲੁਕੀ ਨਹੀਂ ਹੈ। ਉਨ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ’ਤੇ ਐਨਐਸਏ ਲਗਾ ਕੇ ਜੇਲ੍ਹ ਭੇਜ ਦਿੱਤਾ ਗਿਆ। ਸ਼ਿਵਾਲਿਕ ਨੇ ਕਿਹਾ ਕਿ ਅਕਾਲੀ ਦਲ, ਕਾਂਗਰਸ ਤੇ ‘ਆਪ’ ਦੀਆਂ ਨੀਤੀਆਂ ਤੋਂ ਨਿਰਾਸ਼ ਲੋਕ ਹੁਣ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਰਹੇ ਹਨ। ਇਸ ਮੌਕੇ ਪਰਮਜੀਤ ਸਿੰਘ ਨੀਟੂ ਸਰੀਹ, ਜਸਵੀਰ ਸਿੰਘ ਪੱਪੂ ਡੇਹਲੋ, ਪਾਲੀ ਸਾਇਆ, ਪ੍ਰਿਤਪਾਲ ਸਿੰਘ ਬੌਬੀ, ਜੋਤੀ ਗਰੇਵਾਲ, ਬੀਰਪਾਲ ਸਿੰਘ, ਹਰਜੀਤ ਸਿੰਘ ਹਿੱਤੀ, ਪਿੰਕਾ ਗਰੇਵਾਲ, ਜਗਦੇਵ ਸਿੰਘ, ਦਰਸ਼ਨ ਸਿੰਘ ਅਤੇ ਹਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।








