CITY HOME NEWS

Home ∕ news ∕ ਜਲੰਧਰ, ਮੋਗਾ ਤੇ ਲੁਧਿਆਣਾ ’ਚ ਨਾਜਾਇਜ਼ ਮਾਈਨਿੰਗ ’ਤੇ ਹਾਈ ਕੋਰਟ ਸਖ਼

ਚੰਡੀਗੜ੍ਹ: ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਜਲੰਧਰ, ਮੋਗਾ ਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਨਾਜਾਇਜ਼ ਤਰੀਕੇ ਨਾਲ ਖਣਿਜ ਕੱਢਣ ਦੀਆਂ ਗਤੀਵਿਧੀਆਂ ’ਤੇ ਪ੍ਰਭਾਵਸ਼ਾਲੀ ਨਿਗਰਾਨੀ ਰੱਖਣ ਅਤੇ ਅਜਿਹੀ ਕਿਸੇ ਵੀ ਗਤੀਵਿਧੀ ਨੂੰ ਤੁਰੰਤ ਰੋਕਣ ਲਈ ਕਿਹਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਇਨ੍ਹਾਂ ਖੇਤਰਾਂ ਵਿੱਚ ਨਾਜਾਇਜ਼ ਮਾਈਨਿੰਗ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।

ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਨੇ ਸੰਦੀਪ ਸਿੰਘ ਵੱਲੋਂ ਦਾਇਰ ਜਨਹਿੱਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਇਹ ਅੰਤਰਿਮ ਨਿਰਦੇਸ਼ ਜਾਰੀ ਕੀਤੇ। ਪਟੀਸ਼ਨ ਵਿੱਚ ਤਿੰਨਾਂ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਕਥਿਤ ਨਾਜਾਇਜ਼ ਮਾਈਨਿੰਗ ਕੀਤੇ ਜਾਣ ਦਾ ਮੁੱਦਾ ਉਠਾਇਆ ਗਿਆ ਹੈ।ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮਾਮਲੇ ਸਬੰਧੀ ਸਥਿਤੀ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਤਾਜ਼ਾ ਸੁਣਵਾਈ ਦੌਰਾਨ ਜਲ ਸਰੋਤ ਵਿਭਾਗ ਦੇ ਡਰੇਨੇਜ-ਕਮ-ਮਾਈਨਿੰਗ ਅਤੇ ਭੂ-ਵਿਗਿਆਨ ਵਿੰਗ ਦੇ ਕਾਰਜਕਾਰੀ ਇੰਜੀਨੀਅਰਾਂ ਵੱਲੋਂ ਜਲੰਧਰ, ਮੋਗਾ ਤੇ ਲੁਧਿਆਣਾ ਨਾਲ ਸਬੰਧਤ ਸਥਿਤੀ ਰਿਪੋਰਟਾਂ ਅਦਾਲਤ ਸਾਹਮਣੇ ਪੇਸ਼ ਕੀਤੀਆਂ ਗਈਆਂ।

ਰਿਪੋਰਟਾਂ ਪੇਸ਼ ਹੋਣ ਤੋਂ ਬਾਅਦ ਪਟੀਸ਼ਨਕਰਤਾ ਵੱਲੋਂ ਆਪਣਾ ਜਵਾਬ ਦਾਖ਼ਲ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਗਿਆ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਬੈਂਚ ਨੇ ਕਿਹਾ ਕਿ ਉਦੋਂ ਤੱਕ ਸੂਬੇ ਦੇ ਸਬੰਧਤ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਪਟੀਸ਼ਨ ਵਿੱਚ ਦਰਸਾਏ ਖੇਤਰਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਨਾਜਾਇਜ਼ ਖਣਨ ਨਾ ਹੋਵੇ। ਜੇਕਰ ਅਜਿਹੀ ਕੋਈ ਗਤੀਵਿਧੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਢੁਕਵੀਂ ਕਾਰਵਾਈ ਕੀਤੀ ਜਾਵੇ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 8 ਅਕਤੂਬਰ ਨੂੰ ਤੈਅ ਕੀਤੀ ਹੈ।

About Author

Posted By City Home News

Leave a Reply

Your email address will not be published. Required fields are marked *