CITY HOME NEWS

Homenewsਪੰਜਾਬ ਕਾਂਗਰਸ ਦਾ ਅੱਜ ਵੱਡਾ ਸ਼ਕਤੀ ਪ੍ਰਦਰਸ਼ਨ

ਚੰਡੀਗੜ੍ਹ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਕਾਂਗਰਸ ਮੰਗਲਵਾਰ ਨੂੰ ਚੰਡੀਗੜ੍ਹ ‘ਚ ਵੱਡਾ ਸ਼ਕਤੀ ਪ੍ਰਦਰਸ਼ਨ ਕਰਨ ਜਾ ਰਹੀ ਹੈ। ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਸਵੇਰੇ ਕਰੀਬ 11 ਵਜੇ ਸ਼ੁਰੂ ਹੋਣ ਵਾਲੇ ਰੋਸ ਪ੍ਰਦਰਸ਼ਨ ‘ਚ ਪੰਜਾਬ ਭਰ ਤੋਂ ਕਰੀਬ 10 ਹਜ਼ਾਰ ਕਾਂਗਰਸੀ ਵਰਕਰਾਂ, ਕਰਮਚਾਰੀਆਂ ਅਤੇ ਸਮਰਥਕਾਂ ਦੇ ਪਹੁੰਚਣ ਦਾ ਪਾਰਟੀ ਨੇ ਦਾਅਵਾ ਕੀਤਾ ਹੈ।

ਪ੍ਰਦਰਸ਼ਨ ਦੀ ਅਗਵਾਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਰਨਗੇ। ਕਾਂਗਰਸ ਨੇ ਇਸ ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਦੀ ਤਿਆਰੀ ਕੀਤੀ ਹੈ। ਪਾਰਟੀ ਮਹਿੰਗਾਈ ਭੱਤਾ (DA) ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ (OPS) ਬਹਾਲ ਕਰਨ ਅਤੇ ਅਸਥਾਈ ਕਰਮਚਾਰੀਆਂ ਨੂੰ ਪੱਕਾ ਕਰਨ ਸਮੇਤ ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਤਿਆਰੀ ‘ਚ ਹੈ। ਇਸ ਤੋਂ ਇਲਾਵਾ ਸੂਬੇ ਦੀ ਕਾਨੂੰਨ-ਵਿਵਸਥਾ ਸਮੇਤ ਹੋਰ ਜਨਹਿੱਤ ਦੇ ਮੁੱਦੇ ਵੀ ਪ੍ਰਦਰਸ਼ਨ ਦੌਰਾਨ ਉਠਾਏ ਜਾਣਗੇ।ਚੰਡੀਗੜ੍ਹ ‘ਚ ਕਾਂਗਰਸ ਦਾ ਪ੍ਰਦਰਸ਼ਨ ਸਿਰਫ਼ ਪੰਜਾਬ ਕਾਂਗਰਸ ਭਵਨ ਤੱਕ ਸੀਮਿਤ ਨਹੀਂ ਰਹੇਗਾ। ਪਾਰਟੀ ਵਰਕਰ ਸੈਕਟਰ-15 ਸਥਿਤ ਕਾਂਗਰਸ ਭਵਨ ਤੋਂ ਮੁੱਖ ਮੰਤਰੀ ਨਿਵਾਸ ਵੱਲ ਰੋਸ ਰੈਲੀ ਦੇ ਰੂਪ ‘ਚ ਅੱਗੇ ਵਧਣਗੇ।

ਪ੍ਰਦਰਸ਼ਨ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਕਾਂਗਰਸ ਭਵਨ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਰੈਲੀ ਦੇ ਸੰਭਾਵਿਤ ਰੂਟ ’ਤੇ ਟ੍ਰੈਫਿਕ ਪ੍ਰਬੰਧਾਂ ਨੂੰ ਲੈ ਕੇ ਵੀ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ।

ਰਾਜਾ ਵੜਿੰਗ ਦੇ ਅਨੁਸਾਰ, ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਸਾਰੇ 23 ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਵੀ ਕਾਂਗਰਸੀ ਵਰਕਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ। ਪਾਰਟੀ ਨੇ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਵਰਕਰਾਂ ਅਤੇ ਸੀਨੀਅਰ ਆਗੂਆਂ ਨੂੰ ਇਸ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਮੰਗਲਵਾਰ ਦੇ ਪ੍ਰਦਰਸ਼ਨ ‘ਚ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਵਿਜੇਂਦਰ ਸਿੰਗਲਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਅਹਿਮ ਰਹੇਗੀ। ਹਾਲ ਹੀ ‘ਚ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਬਣਾਏ ਜਾਣ ਤੋਂ ਬਾਅਦ ਇਹ ਪਹਿਲਾ ਵੱਡਾ ਸੂਬਾ ਪੱਧਰੀ ਪ੍ਰੋਗਰਾਮ ਹੈ। ਅਜਿਹੇ ‘ਚ ਪ੍ਰਦਰਸ਼ਨ ਰਾਹੀਂ ਕਾਂਗਰਸ ਜਿੱਥੇ ਮਾਨ ਸਰਕਾਰ ’ਤੇ ਸਿਆਸੀ ਹਮਲਾ ਕਰੇਗੀ, ਉੱਥੇ ਹੀ ਸੰਗਠਨ ਦੀ ਏਕਤਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਸੰਦੇਸ਼ ਦੇਣ ਦੀ ਵੀ ਕੋਸ਼ਿਸ਼ ਕਰੇਗੀ।

About Author

Posted By City Home News

Leave a Reply

Your email address will not be published. Required fields are marked *