ਲੁਧਿਆਣਾ: ਸੋਮਵਾਰ ਸਵੇਰੇ ਕਰੀਬ ਸਾਢੇ 6 ਵਜੇ ਲੋਕਲ ਅੱਡੇ ਨੇੜੇ ਜੇਐਮਡੀ ਮਾਲ ਦੇ ਬਿਲਕੁਲ ਸਾਹਮਣੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਦੌਰਾਨ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਅਧਖੜ੍ਹ ਉਮਰ ਦੀ ਔਰਤ ਅਤੇ ਉਸ ਦੀ 8 ਸਾਲਾ ਧੀ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਮਾਂ-ਧੀ ਸੜਕ ਤੋਂ ਲੰਘ ਰਹੀਆਂ ਸਨ ਕਿ ਇਸੇ ਦੌਰਾਨ ਤੇਜ਼ ਰਫ਼ਤਾਰ ਟਰੱਕ ਨੇ ਦੋਵਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੰਭੀਰ ਰੂਪ ਵਿੱਚ ਕੁਚਲੇ ਗਏ ਅਤੇ ਉਨ੍ਹਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਅਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।









