ਮੋਹਾਲੀ : ਪੰਜਾਬ ਸਰਕਾਰ ਨੇ ਵੀਰਵਾਰ ਦੇਰ ਸ਼ਾਮ ਕਿਸਾਨਾਂ ਨਾਲ ਚਰਚਾ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਤੇ ਖ਼ੁਦਕੁਸ਼ੀ ਪੀੜਤ ਕਿਸਾਨਾਂ ਨੂੰ 15 ਅਕਤੂਬਰ ਤੱਕ ਰਾਹਤ ਦੇਣ ਦੀ ਗੱਲ ਕਹੀ ਹੈ।
ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਦੇ ਇਕ ਉੱਚ-ਪੱਧਰੀ ਵਫ਼ਦ ਤੇ ਪੰਜਾਬ ਸਰਕਾਰ ਵਿਚਾਲੇ ਵੀਰਵਾਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਹੋਈ, ਜੋ ਦੇਰ ਸ਼ਾਮ ਤੱਕ ਚੱਲੀ। ਪੰਜਾਬ ਸਰਕਾਰ ਵੱਲੋਂ ਮੀਟਿੰਗ ਦੀ ਅਗਵਾਈ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਕੀਤੀ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਸਰਕਾਰ ਨੂੰ ਆਪਣਾ 23 ਸੂਤਰੀ ਮੰਗ ਪੱਤਰ ਸੌਂਪਿਆ। ਇਸ ’ਤੇ ਲੰਬੀ ਚਰਚਾ ਹੋਈ। ਚਰਚਾ ਮਗਰੋਂ ਖੇਤੀਬਾੜੀ ਮੰਤਰੀ ਨੇ ਭਰੋਸਾ ਦਿੱਤਾ ਕਿ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੇ ਸਾਰੇ ਮਸਲੇ 15 ਅਕਤੂਬਰ ਤੋਂ ਪਹਿਲਾਂ ਹੱਲ ਕਰ ਦਿੱਤੇ ਜਾਣਗੇ। ਇਸ ਮੰਤਵ ਲਈ 2017 ਦੀ ਪਾਲਿਸੀ ਨੂੰ ਆਧਾਰ ਬਣਾ ਕੇ ਬਕਾਇਆ ਫੰਡ ਜਲਦ ਜਾਰੀ ਕੀਤੇ ਜਾਣਗੇ। ਕਿਸਾਨਾਂ ਦੇ ਦੱਸਣ ਮੁਤਾਬਕ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ’ਚ ਗੰਨੇ ਦਾ ਭਾਅ ਦੂਜੇ ਸੂਬਿਆਂ ਦੇ ਮੁਕਾਬਲੇ ਬਿਹਤਰ ਹੋਵੇਗਾ। ਇਸ ਸਬੰਧੀ ਵੀ ਛੇਤੀ ਹੀ ਅਧਿਕਾਰਤ ਐਲਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਫਗਵਾੜਾ ਮਿੱਲ ਦੇ 28 ਕਰੋੜ ਰੁਪਏ ਤੇ ਹੋਰਨਾਂ ਮਿੱਲਾਂ ਦੇ 3.65 ਕਰੋੜ ਰੁਪਏ ਦੇ ਬਕਾਏ ਅਗਲੇ ਹਫ਼ਤੇ ਤੱਕ ਹਰ ਹਾਲਤ ’ਚ ਜਾਰੀ ਕਰਨ ਦਾ ਵਾਅਦਾ ਕੀਤਾ ਗਿਆ।









