ਅੰਮ੍ਰਿਤਸਰ: ਰਾਜਾਸਾਂਸੀ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਏਐਸਆਈ ਜਸਵੰਤ ਸਿੰਘ ਦੇ ਸਿਰ ਵਿੱਚ ਗੋਲੀ ਮਾਰ ਕੇ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪੁਲਿਸ ਪਾਰਟੀ ਨੂੰ ਚਕਮਾ ਦੇ ਕੇ ਬੁੱਧਵਾਰ ਰਾਤ ਫਰਾਰ ਹੋ ਗਿਆ। ਥਾਣਾ ਰਾਜਾਸਾਂਸੀ ਦੀ ਪੁਲਿਸ ਪਿੰਡ ਝੰਝੋਟੀ ਵਾਸੀ ਕਰਨ ਦੀ ਨਿਸ਼ਾਨਦੇਹੀ ’ਤੇ ਹਥਿਆਰ ਬਰਾਮਦ ਕਰਨ ਲਈ ਉਸ ਨੂੰ ਮਜੀਠਾ ਇਲਾਕੇ ਵਿੱਚ ਲੈ ਕੇ ਪਹੁੰਚੀ ਸੀ।
ਘਟਨਾ ਦਾ ਪਤਾ ਲੱਗਦੇ ਹੀ ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਰਾਜਾਸਾਂਸੀ ਥਾਣੇ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ ਪੂਰੇ ਮਾਮਲੇ ਨੂੰ ਲੈ ਕੇ ਕੋਈ ਵੀ ਪੁਲਿਸ ਅਧਿਕਾਰੀ ਕੁਝ ਦੱਸਣ ਲਈ ਤਿਆਰ ਨਹੀਂ ਹੈ।ਜਾਣਕਾਰੀ ਅਨੁਸਾਰ 2 ਸਤੰਬਰ ਦੀ ਰਾਤ ਰਾਜਾਸਾਂਸੀ ਇਲਾਕੇ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਲਾਈਨ ਵਿੱਚ ਤਾਇਨਾਤ ਏਐਸਆਈ ਜਸਵੰਤ ਸਿੰਘ ਆਪਣੀ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਸਿਰ ਵਿੱਚ ਗੋਲੀ ਮਾਰ ਦਿੱਤੀ। ਪਤਾ ਲੱਗਾ ਸੀ ਕਿ ਗੋਲੀ ਉਨ੍ਹਾਂ ਦੀ ਪੱਗ ਵਿੱਚ ਫਸ ਗਈ ਸੀ ਅਤੇ ਸਿਰ ਨੂੰ ਮਾਮੂਲੀ ਤੌਰ ’ਤੇ ਛੂਹ ਕੇ ਨਿਕਲ ਗਈ ਸੀ।
ਇਸ ਮਾਮਲੇ ਵਿੱਚ ਪਹਿਲਾਂ ਪੁਲਿਸ ਅਧਿਕਾਰੀ ਘਟਨਾ ’ਤੇ ਵਿਸ਼ਵਾਸ ਨਹੀਂ ਕਰ ਰਹੇ ਸਨ। ਪਰ ਕਰਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਰਾ ਮਾਮਲਾ ਸਪੱਸ਼ਟ ਹੋ ਗਿਆ। ਪੁਲਿਸ ਇਸ ਨੂੰ ਪੁਰਾਣੀ ਰੰਜਿਸ਼ ਦਾ ਮਾਮਲਾ ਹੀ ਮੰਨ ਰਹੀ ਸੀ। ਬਾਅਦ ਵਿੱਚ ਤਹਿਰੀਕ-ਏ-ਤਾਲਿਬਾਨ ਹਿੰਦੋਸਤਾਨ (ਟੀਟੀਐੱਚ) ਨੇ ਵੀ ਇਸ ਘਟਨਾ ਨੂੰ ਲੈ ਕੇ ਗਲਤ ਤਸਵੀਰ ਲਗਾ ਕੇ ਪੋਸਟਰ ਜਾਰੀ ਕੀਤਾ ਸੀ।
ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ’ਤੇ ਪੁਲਿਸ ਨੇ ਕਰਨ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਸੀ। ਮੁਲਜ਼ਮ ਦੇ ਹੋਰ ਸਾਥੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ।









