ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪਰਿਵਾਰ ਨੂੰ ਨੌਕਰੀ ਦੇਣ ਦੇ ਨਾਂ ‘ਤੇ ਗੁੰਮਰਾਹ ਕੀਤਾ ਹੈ।
ਵੜਿੰਗ ਮੁਤਾਬਕ ਸਰਕਾਰ ਵੱਲੋਂ ਪਰਿਵਾਰ ਨੂੰ ਨੌਕਰੀ ਦਾ ਅਸਲ ਨਿਯੁਕਤੀ ਪੱਤਰ ਦੇਣ ਦੀ ਬਜਾਏ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੱਲੋਂ ਮੁੱਖ ਸਕੱਤਰ ਨੂੰ ਹਮਦਰਦੀ ਦੇ ਆਧਾਰ ‘ਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦੀ ਸਿਫ਼ਾਰਸ਼ ਵਾਲਾ ਪੱਤਰ ਦਿੱਤਾ ਗਿਆ। ਪਰਿਵਾਰ ਨੂੰ ਇਸ ਨੂੰ ਨੌਕਰੀ ਦਾ ਪ੍ਰਸਤਾਵ ਦੱਸ ਕੇ ਗੁਲਜ਼ਾਰ ਸਿੰਘ ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਸੌਂਪਿਆ ਗਿਆ।ਵੜਿੰਗ ਨੇ ਇਸ ਨੂੰ ਪਰਿਵਾਰ ਨਾਲ ਧੋਖਾ ਅਤੇ ਠੱਗੀ ਕਰਾਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਅਤੇ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ‘ਚ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਦੁਹਰਾਈ। ਉਨ੍ਹਾਂ ਕਿਹਾ ਕਿ ਕਾਂਗਰਸ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ‘ਤੇ ਸੰਘਰਸ਼ ਕਰੇਗੀ।









