CITY HOME NEWS

Homeludhianaਪੰਜਾਬ ਸੰਘਰਸ਼ਾਂ ਦਾ ਅਖਾੜਾ ਬਣਿਆ

ਲੁਧਿਆਣਾ : ਭਾਕਿਯੂ ਏਕਤਾ ਉਗਰਾਹਾਂ ਵੱਲੋਂ 30 ਅਗਸਤ ਤੋਂ ਲੁਧਿਆਣਾ ’ਚ ਲਾਇਆ ਪੱਕਾ ਮੋਰਚਾ 15ਵੇਂ ਦਿਨ ’ਚ ਦਾਖ਼ਲ ਹੋ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਮਨਜੀਤ ਸਿੰਘ ਬੁਢੇਲ ਨੇ ਪੰਜਾਬ ਸਰਕਾਰ ’ਤੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਾ ਹੋਣ ਦੇ ਦੋਸ਼ ਲਗਾਏ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਹਰੇਕ ਤਬਕਾ ਆਪਣੇ ਹੱਕਾਂ ਲਈ ਸੰਘਰਸ਼ ਦੇ ਮੈਦਾਨ ਵਿੱਚ ਹੈ। ਮੰਤਰੀਆਂ ਦੇ ਘਰਾਂ ਦੇ ਘਿਰਾਓ ਕੀਤੇ ਜਾ ਰਹੇ ਹਨ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਵੀ ਧਰਨੇ ਦਿੱਤੇ ਜਾ ਰਹੇ ਹਨ। ਇਸ ਦੇ ਬਾਵਜੂਦ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਬਜਾਏ ਸਮਾਂ ਲੰਘਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਬਿਜਲੀ ਸੰਕਟ ਗੰਭੀਰ ਬਣਿਆ ਹੋਇਆ ਹੈ ਅਤੇ ਨਸ਼ਿਆਂ ਦੀ ਸਮੱਸਿਆ ਵੀ ਕਾਬੂ ਵਿੱਚ ਨਹੀਂ ਆ ਰਹੀ। ਆਗੂਆਂ ਨੇ ਕਿਹਾ ਕਿ ਸਰਕਾਰ ਆਪਣੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਨ ਵਿੱਚ ਰੁੱਝੀ ਹੋਈ ਹੈ, ਜਦਕਿ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਤੋਂ ਸਵਾਲ ਪੁੱਛਣ ਵਾਲਿਆਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ ਤੇ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ਦੀ ਤੁਲਨਾ ਕੇਂਦਰ ਦੀ ਭਾਜਪਾ ਸਰਕਾਰ ਨਾਲ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਨ ਵੱਲ ਵਧ ਰਹੀ ਹੈ। ਕਿਸਾਨਾਂ ਦੀਆਂ ਜ਼ਮੀਨਾਂ ਨਾਲ ਸਬੰਧਤ ਮਾਮਲੇ ਤੇ ਲੈਂਡ ਪੂਲਿੰਗ ਵਰਗੀਆਂ ਨੀਤੀਆਂ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਹਨ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ’ਤੇ ਤੁਰੰਤ ਗੱਲ ਕਰਕੇ ਹੱਲ ਕੱਢਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਕਿਸਾਨ ਜਥੇਬੰਦੀ ਵੱਲੋਂ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਾ ਪਵੇਗਾ। ਧਰਨੇ ਵਿੱਚ ਜਸਦੀਪ ਸਿੰਘ ਜੱਸੋਵਾਲ, ਭੈਣ ਮਨਜੀਤ ਕੌਰ ਲੁਧਿਆਣਾ, ਤੀਰਥ ਸਿੰਘ ਤਲਵੰਡੀ, ਲਵਲੀ ਮਾਜਰੀ, ਭੁਪਿੰਦਰ ਸਿੰਘ ਅਤੇ ਅਜੀਤ ਸਿੰਘ ਸਮੇਤ ਹੋਰ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ।

About Author

Posted By City Home News

Leave a Reply

Your email address will not be published. Required fields are marked *