ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਪੈਦਾ ਹੋਏ ਬਿਜਲੀ ਸੰਕਟ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਠਿੰਡਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀ ਨਲਾਇਕੀ ਕਾਰਨ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਸੀ, ਪਰ ਪਿਛਲੇ 10 ਸਾਲਾਂ ਦੌਰਾਨ ਕਾਂਗਰਸ ਅਤੇ ‘ਆਪ’ ਸਰਕਾਰ ਨੇ ਬਿਜਲੀ ਉਤਪਾਦਨ ਵਧਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਸਮੇਂ ਦੌਰਾਨ ਇਕ ਵੀ ਨਵਾਂ ਥਰਮਲ ਜਾਂ ਸੋਲਰ ਪਲਾਂਟ ਨਹੀਂ ਲਾਇਆ ਗਿਆ। ਬਿਜਲੀ ਦੀ ਮੰਗ ਲਗਾਤਾਰ ਵਧਣ ਦੇ ਬਾਵਜੂਦ ਉਤਪਾਦਨ ਸਮਰੱਥਾ ਵਧਾਉਣ ਵੱਲ ਧਿਆਨ ਨਾ ਦੇਣ ਕਾਰਨ ਮੌਜੂਦਾ ਸੰਕਟ ਪੈਦਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ 10-10 ਘੰਟਿਆਂ ਦੇ ਬਿਜਲੀ ਕੱਟ ਲੱਗ ਰਹੇ ਹਨ, ਜਿਸ ਨਾਲ ਖੇਤੀਬਾੜੀ, ਵਪਾਰ ਅਤੇ ਘਰੇਲੂ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ। ਜੇ ਸਰਕਾਰ ਨੇ ਸਮੇਂ ਸਿਰ ਉਤਪਾਦਨ ਸਮਰੱਥਾ ਵਧਾਉਣ ਲਈ ਕਦਮ ਨਾ ਚੁੱਕੇ ਤਾਂ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ। ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਨੇ ਬਿਜਲੀ ਲਈ ਕੋਈ ਲੰਬੀ ਮਿਆਦ ਦੀ ਯੋਜਨਾ ਨਹੀਂ ਬਣਾਈ। ਉਨ੍ਹਾਂ ਪੰਜਾਬ ਵਿੱਚੋਂ ‘ਦਿੱਲੀ ਵਾਲੀਆਂ ਪਾਰਟੀਆਂ’ ਨੂੰ ਬਾਹਰ ਕਰਕੇ ਖੇਤਰੀ ਪਾਰਟੀ ਨੂੰ ਮੌਕਾ ਦੇਣ ਦੀ ਅਪੀਲ ਕੀਤੀ, ਤਾਂ ਜੋ ਸੂਬੇ ਨੂੰ ਵਿਕਾਸ ਅਤੇ ਅਮਨ-ਸ਼ਾਂਤੀ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕੇ।
ਇਸ ਮੌਕੇ ਉਹ ਜ਼ਿਲ੍ਹਾ ਪ੍ਰੀਸ਼ਦ ਵੀ ਪਹੁੰਚੇ, ਜਿੱਥੇ ਉਨ੍ਹਾਂ ਨਵੇਂ ਚੇਅਰਮੈਨ ਸਵਰਨ ਸਿੰਘ ਪੂਹਲੀ ਨੂੰ ਕੁਰਸੀ ’ਤੇ ਬਿਠਾ ਕੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਸਮੇਤ ਅਕਾਲੀ ਦਲ ਦੇ ਕਈ ਆਗੂ ਹਾਜ਼ਰ ਸਨ।









